ਸਿਆਸਤਖਬਰਾਂ

ਮੁੱਖ ਮੰਤਰੀ ਚੰਨੀ ਦੀ ਪ੍ਰਧਾਨ ਮੰਤਰੀ ਨਾਲ ਪਹਿਲੀ ਮੁਲਾਕਾਤ

ਨਵੀਂ ਦਿੱਲੀ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਾਲ ਝੋਨੇ ਦੀ ਖਰੀਦ ਅੱਜ ਤੋਂ ਸ਼ੁਰੂ ਕਰਨ ਨੂੰ ਲੈ ਕੇ ਗੱਲਬਾਤ ਕੀਤੀ। ਇਸਤੋਂ ਇਲਾਵਾ ਖੇਤੀ ਕਾਨੂੰਨਾਂ ਅਤੇ ਕਰਤਾਰਪੁਰ ਕੋਰੀਡੋਰ ਨੂੰ ਲੈ ਕੇ ਗੱਲਬਾਤ ਹੋਈ। ਮੁੱਖ ਮੰਤਰੀ ਚੰਨੀ ਨੇ ਗੱਲਬਾਤ ਪ੍ਰਧਾਨ ਮੰਤਰੀ ਨਾਲ ਗੱਲਬਾਤ ਖ਼ਤਮ ਹੋਣ ਉਪਰੰਤ ਪੱਤਰਕਾਰਾਂ ਨਾਲ ਰੂਬਰੂ ਹੋਏ। ਚੰਨੀ ਨੇ ਕਿਹਾ ਕਿ ਇਹ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਾਲ ਪਹਿਲੀ ਰਸਮੀ ਗੱਲਬਾਤ ਸੀ। ਉਨ੍ਹਾਂ ਦੱਸਿਆ ਕਿ ਮੀਟਿੰਗ ਬਹੁਤ ਹੀ ਵਧੀਆ ਮਾਹੌਲ ਵਿੱਚ ਹੋਈ, ਜਿਸ ਦੌਰਾਨ ਉਨ੍ਹਾਂ ਨੇ ਤਿੰਨ ਮੁੱਖ ਮੁੱਦਿਆਂ ‘ਤੇ ਪ੍ਰਧਾਨ ਮੰਤਰੀ ਨਾਲ ਚਰਚਾ ਕੀਤੀ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨੂੰ ਝੋਨੇ ਦੀ ਖਰੀਦ 10 ਤਰੀਕ ਦੇਰੀ ਨਾਲ ਕਰਨ ਦੀ ਥਾਂ ਅੱਜ ਤੋਂ ਹੀ ਸ਼ੁਰੂ ਕਰਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ 70 ਸਾਲਾਂ ਵਿੱਚ ਪਹਿਲੀ ਵਾਰ ਹੈ ਕਿ ਝੋਨੇ ਦੀ ਖਰੀਦ 10 ਦਿਨ ਦੀ ਦੇਰੀ ਨਾਲ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ‘ਤੇ ਪ੍ਰਧਾਨ ਮੰਤਰੀ ਨੇ ਛੇਤੀ ਹੀ ਕੋਈ ਫੈਸਲਾ ਲੈਣ ਬਾਰੇ ਭਰੋਸਾ ਦਿੱਤਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ ਅਤੇ ਇਸ ਲਈ ਕਿਸਾਨਾਂ ਨਾਲ ਮੁੜ ਮੁਲਾਕਾਤ ਕਰਨ ਬਾਰੇ ਵੀ ਕਿਹਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਖੇਤੀ ਪ੍ਰਧਾਨ ਸੂਬਾ ਹੋਣ ਕਾਰਨ ਪੰਜਾਬ ਦੇ ਕਿਸਾਨਾਂ ਲਈ ਇਹ ਅਹਿਮ ਹੈ ਅਤੇ ਆਰਥਿਕਤਾ ਪੱਖੋਂ ਵੀ ਖੇਤੀ ਕਾਨੂੰਨਾਂ ਦਾ ਮਸਲਾ ਹੱਲ ਹੋਣਾ ਜ਼ਰੂਰੀ ਹੈ। ਕਰਤਾਰਪੁਰ ਕਾਰੀਡੋਰ ਦੇ ਤੀਜੇ ਮੁੱਦੇ ਨੂੰ ਚੁੱਕਦਿਆਂ ਮੁੱਖ ਮੰਤਰੀ ਚੰਨੀ ਨੇ ਦੱਸਿਆ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਛੇਤੀ ਹੀ ਇਹ ਕੋਰੋਨਾ ਕਾਰਨ ਬੰਦ ਪਿਆ ਕਾਰੀਡੋਰ ਖੋਲ੍ਹਣ ਲਈ ਅਪੀਲ ਕੀਤੀ ਹੈ, ਕਿਉਂਕਿ ਇਹ ਸਿੱਖ ਸੰਗਤਾਂ ਲਈ ਬਹੁਤ ਹੀ ਅਹਿਮ ਧਾਰਮਿਕ ਆਸਥਾ ਦਾ ਚਿੰਨ੍ਹ ਹੈ।

Comment here