ਸਿਆਸਤਖਬਰਾਂਚਲੰਤ ਮਾਮਲੇ

ਰਾਹੁਲ ਗਾਂਧੀ ‘ਭਾਰਤ ਜੋੜੋ ਯਾਤਰਾ’ ਦੌਰਾਨ 9 ਦਿਨ ਪੰਜਾਬ ਰਹਿਣਗੇ

ਚੰਡੀਗੜ੍ਹ-ਕਾਂਗਰਸ ਆਗੂ ਰਾਹੁਲ ਗਾਂਧੀ ਆਪਣੀ ‘ਭਾਰਤ ਜੋੜੋ ਯਾਤਰਾ’ ਦੌਰਾਨ ਅਗਲੇ ਸਾਲ ਜਨਵਰੀ ਦੇ ਪਹਿਲੇ ਹਫ਼ਤੇ ਪੰਜਾਬ ਪਹੁੰਚਣਗੇ। ਇਸ ਦੌਰਾਨ ਉਹ 9 ਦਿਨ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਲੰਘਣਗੇ। ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਨ੍ਹਾਂ ਦੇ ਦੌਰੇ ਦੌਰਾਨ ਪ੍ਰਬੰਧ ਕਰਨ ਲਈ ਸੀਨੀਅਰ ਪਾਰਟੀ ਆਗੂਆਂ ਦੀ ਸਬ-ਕੋਆਰਡੀਨੇਸ਼ਨ ਕਮੇਟੀ ਬਣਾਈ ਹੈ। ਰਾਜਾ ਵੜਿੰਗ ਨੇ ਕਿਹਾ ਹੈ ਕਿ ‘ਭਾਰਤ ਜੋੜੋ ਯਾਤਰਾ’ ਪਟਿਆਲਾ ਜ਼ਿਲ੍ਹੇ ਦੀ ਸ਼ੰਭੂ ਸਰਹੱਦ ਰਾਹੀਂ ਪੰਜਾਬ ਵਿੱਚ ਦਾਖ਼ਲ ਹੋਵੇਗੀ ਅਤੇ ਪਠਾਨਕੋਟ ਰਾਹੀਂ ਸੂਬੇ ਤੋਂ ਬਾਹਰ ਨਿਕਲੇਗੀ। ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਰਾਹੁਲ ਗਾਂਧੀ ਅਤੇ ਹੋਰ ਆਗੂਆਂ ਲਈ ਬੋਰਡਿੰਗ ਅਤੇ ਰਿਹਾਇਸ਼ ਦੀਆਂ ਸਹੂਲਤਾਂ ਬਾਰੇ ਕੰਮ ਕਰਨ ਲਈ ਸੀਨੀਅਰ ਨੇਤਾਵਾਂ ਨਾਲ ਮੀਟਿੰਗ ਵੀ ਕੀਤੀ ਹੈ।
ਕਾਂਗਰਸ ਦਾ ਵਫ਼ਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਿਆ
ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਦੇ ਆਗੂਆਂ ਦਾ ਇੱਕ ਵਫ਼ਦ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ। ਵਫ਼ਦ ਵਿੱਚ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ. ਪੀ ਸਿੰਘ ਸ਼ਾਮਲ ਸਨ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਦੀ ਰੂਪ ਰੇਖਾ ਤੈਅ ਕਰਨ ਲਈ ਮੀਟਿੰਗ ਕੀਤੀ ਸੀ। ਵੜਿੰਗ ਨੇ ਕਿਹਾ ਹੈ ਕਿ ਯਾਤਰਾ ਜਲੰਧਰ, ਬਿਆਸ, ਗੁਰਦਾਸਪੁਰ ਤੋਂ ਹੁੰਦੀ ਹੋਈ ਪਠਾਨਕੋਟ ‘ਚ ਸਮਾਪਤ ਹੋਵੇਗੀ।

Comment here