ਚੰਡੀਗੜ੍ਹ-ਪੰਜਾਬ ਦੀ ਸਿਆਸਤ ਦੇ ‘ਬਾਬਾ ਬੋਹੜ’ ਕਹੇ ਜਾਣ ਵਾਲੇ ਅਤੇ ਪੰਥਕ ਸਿਅਸਤ ਦਾ ਧੁਰਾ ਮੰਨੇ ਗਏ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲਾ ਦੀ ਉਮਰ ਵਿਚ ਮੰਗਲਵਾਰ ਯਾਨੀ ਕਿ 25 ਅਪ੍ਰੈਲ ਨੂੰ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿਚ ਰਖਿਆ ਗਿਆ ਸੀ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ ਪਹੁੰਚੇ ਅਤੇ ਸਾਬਕਾ ਮੁੱਖ ਮੰਤਰੀ ਦੀ ਮ੍ਰਿਤਕ ਦੇਹ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਚੰਡੀਗੜ੍ਹ ਤੋਂ ਸ਼ੁਰੂ ਹੋ ਕੇ ਮੁਕਤਸਰ ਜ਼ਿਲ੍ਹੇ ’ਚ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਤੱਕ ਲਿਜਾਈ ਜਾ ਰਹੀ ਹੈ। ਇਹ ਯਾਤਰਾ ਰਾਜਪੁਰਾ, ਪਟਿਆਲਾ, ਸੰਗਰੂਰ, ਬਰਨਾਲਾ, ਰਾਮਪੁਰਾ ਫੂਲ ਬਠਿੰਡਾ ਤੋਂ ਹੁੰਦੀ ਹੋਈ ਬਾਦਲ ਪਿੰਡ ਪਹੁੰਚੇਗੀ, ਜਿੱਥੇ 27 ਅਪ੍ਰੈਲ ਵੀਰਵਾਰ ਨੂੰ ਦੁਪਹਿਰ 1 ਵਜੇ ਪੂਰੇ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਜਦੋਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਅੰਤਿਮ ਦਰਸ਼ਨਾਂ ਲਈ ਫੋਰਟਿਸ ਹਸਪਤਾਲ ਤੋਂ ਲਿਆਂਦੀ ਜਾ ਰਹੀ ਸੀ ਤਾਂ ਇਸ ਦੌਰਾਨ ਸੁਖਬੀਰ ਸਿੰਘ ਬਾਦਲ ਅਤੇ ਮਨਪ੍ਰੀਤ ਸਿੰਘ ਬਾਦਲ ਭਾਵੁਕ ਹੋ ਗਏ। ਇਸ ਮੌਕੇ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵੀ ਮੌਜੂਦ ਰਹੀ।
ਸਿਆਸਤਦਾਨਾਂ ਨੇ ਪ੍ਰਗਟਾਇਆ ਦੁੱਖ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, “ਪ੍ਰਕਾਸ਼ ਸਿੰਘ ਬਾਦਲ ਜੀ ਦੇ ਦਿਹਾਂਤ ‘ਤੇ ਬਹੁਤ ਦੁੱਖ ਹੋਇਆ। ਉਹ ਭਾਰਤੀ ਰਾਜਨੀਤੀ ਦੀ ਇਕ ਵਿਸ਼ਾਲ ਸ਼ਖਸੀਅਤ, ਅਤੇ ਇਕ ਕਮਾਲ ਦੇ ਰਾਜਨੇਤਾ ਸਨ ਜਿਨ੍ਹਾਂ ਨੇ ਸਾਡੇ ਦੇਸ਼ ਲਈ ਬਹੁਤ ਯੋਗਦਾਨ ਪਾਇਆ। ਉਨ੍ਹਾਂ ਨੇ ਪੰਜਾਬ ਦੀ ਤਰੱਕੀ ਲਈ ਅਣਥੱਕ ਮਿਹਨਤ ਕੀਤੀ ਅਤੇ ਨਾਜ਼ੁਕ ਸਮਿਆਂ ਵਿਚ ਰਾਜ ਦੀ ਅਗਵਾਈ ਕੀਤੀ।”
ਪੰਜਾਬ ਦੇ 5 ਵਾਰ ਦੇ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਦੇ ਦੇਹਾਂਤ ‘ਤੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਮੁੱਖ ਮੰਤਰੀ ਭਗਵੰਤ ਮਾਨ ਸਣੇ ਕਈ ਸ਼ਖ਼ਸੀਅਤਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਨਾਲ ਪੁਰਾਣੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ।
ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਟਵੀਟ ਕਰਦਿਆਂ ਲਿਖਿਆ, “ਸ਼੍ਰੀ ਪ੍ਰਕਾਸ਼ ਸਿੰਘ ਬਾਦਲ ਆਜ਼ਾਦੀ ਤੋਂ ਬਾਅਦ ਦੇ ਸਭ ਤੋਂ ਵੱਡੇ ਰਾਜਨੀਤਿਕ ਨੇਤਾਵਾਂ ਵਿਚੋਂ ਇਕ ਸਨ। ਭਾਵੇਂ ਲੋਕ ਸੇਵਾ ਵਿਚ ਉਨ੍ਹਾਂ ਦਾ ਮਿਸਾਲੀ ਕੈਰੀਅਰ ਜ਼ਿਆਦਾਤਰ ਪੰਜਾਬ ਤਕ ਹੀ ਸੀਮਤ ਰਿਹਾ, ਪਰ ਦੇਸ਼ ਭਰ ਵਿਚ ਉਨ੍ਹਾਂ ਦਾ ਸਤਿਕਾਰ ਕੀਤਾ ਗਿਆ। ਉਨ੍ਹਾਂ ਦੇ ਦੇਹਾਂਤ ਨਾਲ ਇਕ ਖਲਾਅ ਪੈ ਗਿਆ ਹੈ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ।”
ਮੋਦੀ ਨੇ ਦੱਸਿਆ ਨਿੱਜੀ ਘਾਟਾ
ਭਗਵੰਤ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ
ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ, “ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਦੀ ਦੁਖਦਾਈ ਖ਼ਬਰ ਮਿਲੀ। ਵਾਹਿਗੁਰੂ ਵਿਛੜੀ ਰੂਹ ਨੂੰ ਚਰਨਾਂ ‘ਚ ਥਾਂ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਵਾਹਿਗੁਰੂ ਵਾਹਿਗੁਰੂ।”
ਇਨ੍ਹਾਂ ਸ਼ਖ਼ਸੀਅਤਾਂ ਨੇ ਵੀ ਪ੍ਰਗਟਾਇਆ ਦੁੱਖ
ਇਸ ਦੇ ਨਾਲ ਹੀ ਉਪ ਰਾਸ਼ਟਰਪਤੀ ਜਗਦੀਪ ਧਨਖੜ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਕਾਂਗਰਸੀ ਆਗੂ ਰਾਹੁਲ ਗਾਂਧੀ, ਪੰਜਾਬ ਵਿਧਾਨਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਕੇਂਦਰੀ ਮੰਤਰੀ ਕਿਰਨ ਰਿਜਿਜੂ, ਸਮ੍ਰਿਤੀ ਇਰਾਨੀ, ਰਾਜਨਾਥ ਸਿੰਘ, ਨਿਰਮਲਾ ਸੀਤਾਰਮਨ, ਅਨੁਰਾਗ ਠਾਕੁਰ, ਨੀਤਿਨ ਗਡਕਰੀ, ਸਾਬਕਾ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ, ਸ਼ਰਦ ਪਵਾਰ, ਐੱਨ. ਚੰਦਰਬਾਬੂ ਨਾਇਡੂ, ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਬਸਪਾ ਸੁਪਰੀਮੋ ਮਾਇਆਵਤੀ, ਭਾਜਪਾ ਪ੍ਰਧਾਨ ਜੇ.ਪੀ. ਨੱਡਾ, ਕਾਂਗਰਸ ਪ੍ਰਧਾਨ ਮੱਲੀਕਾਰਜੁਨ ਖੜਗੇ, ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਉਨ੍ਹਾਂ ਦੀ ਪਤਨੀ ਅੰਮ੍ਰਿਤਾ ਵੜਿੰਗ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਉਨ੍ਹਾਂ ਦੀ ਪਤਨੀ ਪਰਨੀਤ ਕੌਰ, ਨਵਜੋਤ ਕੌਰ ਸਿੱਧੂ, ਮਨਜਿੰਦਰ ਸਿੰਘ ਸਿਰਸਾ, ਰੱਖਿਆ ਮੰਤਰੀ ਰਾਜਨਾਥ ਸਿੰਘ, ਰਾਜ ਸਭਾ ਮੈਂਬਰ ਸੰਜੀਵ ਅਰੋੜਾ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ, ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਕਿਰਨ ਖੇਰ, ਸੁਖਦੇਵ ਸਿੰਘ ਢੀਂਡਸਾ, ਬੀਬੀ ਜਗੀਰ ਕੌਰ, ਮੀਕਾ ਸਿੰਘ, ਕੌਰ ਬੀ ਸਮੇਤ ਕਈਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸਿਆਸਤਦਾਨਾਂ ਵੱਲੋਂ ਬਾਦਲ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

Comment here