ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਸਿੱਖ ਸਦਭਾਵਨਾ ਦਲ ਵਲੋਂ ਗਾਇਬ ਸਰੂਪਾਂ ਦੇ ਮਾਮਲੇ ਚ ਰੋਸ ਮਾਰਚ

ਸੰਗਰੂਰ- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਮਾਮਲੇ ਵਿਚ ਕਾਰਵਾਈ ਦੀ ਮੰਗ ਕਰਦਿਆਂ ਸਿੱਖ ਸਦਭਾਵਨਾ ਦਲ ਵਲੋਂ ‘ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ’ ਦੇ ਨਾਅਰੇ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਨ ਉਪਰੰਤ ਸ਼ੁਰੂ ਕੀਤਾ ਸਿੱਖ ਨੀਤੀ ਮਾਰਚ ਦੁਪਹਿਰ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਪਹੁੰਚਿਆ । ਸਿੱਖ ਸਦਭਾਵਨਾ ਦਲ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ ਦੇ ਸੱਦੇ ‘ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵੱਖ ਵੱਖ ਸ਼ਹਿਰਾਂ ਵਿਚੋਂ ਸਿੱਖ ਜਥੇਬੰਦੀਆਂ ਦੇ ਸੈਂਕੜੇ ਆਗੂ ਇਸ ਮਾਰਚ ਵਿਚ ਸ਼ਾਮਲ ਹੋਏ ਅਤੇ ਮੁੱਖ ਮੰਤਰੀ ਕੋਲੋਂ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕੀਤੇ ਜਾਣ ਦੀ ਮੰਗ ਕੀਤੀ ।ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਭਾਈ ਬਲਦੇਵ ਸਿੰਘ ਵਡਾਲਾ ਨੇ ਕਿਹਾ ਕਿ ਸਿੱਖ ਸਦਭਾਵਨਾ ਦਲ ਪਿਛਲੇ 22 ਮਹੀਨਿਆਂ ਤੋਂ ਇਨਸਾਫ਼ ਦੀ ਮੰਗ ਲਈ ਯਤਨਸ਼ੀਲ ਹੈ । ਉਨ੍ਹਾਂ ਕਿਹਾ ਕਿ  ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ‘ਤੇ ਇਹ ਯਾਦ ਕਰਵਾਉਣ ਲਈ ਪਹੁੰਚੇ ਹਨ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਉਨ੍ਹਾਂ ਵਲੋਂ ਇਨਸਾਫ਼ ਦਿਵਾਉਣ ਦੇ ਜੋ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਪੂਰਾ ਕਰਨ ।ਦੋਸ਼ੀਆਂ ਖਿਲਾਫ ਮੁਕੱਦਮਾ ਦਰਜ ਕਰਨ ਦੀ ਮੰਗ ‘ਤੇ ਪ੍ਰਸ਼ਾਸਨ ਦਾ ਕੋਈ ਠੋਸ ਜਵਾਬ ਨਾ ਮਿਲਣ ਉੱਤੇ ਉਨ੍ਹਾਂ ਮੁੱਖ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਉਣ ਦਾ ਐਲਾਨ ਕਰ ਦਿੱਤਾ । ਇਸ ਮੌਕੇ ਭਾਈ ਬਚਿੱਤਰ ਸਿੰਘ, ਜਥੇਦਾਰ ਰਾਜਾ ਰਾਜ ਸਿੰਘ, ਭਾਈ ਹਰਬੇਅੰਤ ਸਿੰਘ, ਬਾਬਾ ਬਲਜੀਤ ਸਿੰਘ ਫੱਕਰ, ਬਾਬਾ ਦਰਸ਼ਨ ਸਿੰਘ ਬਾਠਾਵਾਲੇ, ਅਵਤਾਰ ਸਿੰਘ ਮਸਤੂਆਣਾ ਸਾਹਿਬ ਤੋਂ ਇਲਾਵਾ ਸਿੱਖ ਜੱਥੇਬੰਦੀਆਂ ਦੇ ਆਗੂ ਮੌਜੂਦ ਸਨ ।

Comment here