ਨਵੀਂ ਦਿੱਲੀ-ਮੌਸਮ ਵਿਭਾਗ ਨੇ ਲਗਾਤਾਰ ਭਾਰੀ ਮੀਂਹ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਉੱਤਰਾਖੰਡ ਵਿੱਚ ਅਗਲੇ ਪੰਜ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਭਾਰਤ ਦੇ ਮੌਸਮ ਵਿਭਾਗ ਨੇ ਸੰਵੇਦਨਸ਼ੀਲ ਪਹਾੜੀ ਰਾਜ ਲਈ 17 ਜੁਲਾਈ ਤੱਕ ਸੰਤਰੀ ਚਿਤਾਵਨੀ ਜਾਰੀ ਕੀਤੀ ਹੈ। ਮੀਂਹ ਕਾਰਨ ਨਦੀਆਂ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਜਾ ਰਿਹਾ ਹੈ। ਇਸ ਕਾਰਨ ਕਈ ਇਲਾਕਿਆਂ ਵਿੱਚ ਹੜ੍ਹ ਵਰਗੇ ਹਾਲਾਤ ਹਨ। ਮੌਨਸੂਨ ਦੇ ਸਰਗਰਮ ਹੋਣ ਕਾਰਨ ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਵਿੱਚ ਉੱਤਰਾਖੰਡ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਹੈ। ਮੌਸਮ ਵਿਭਾਗ ਦੇ ਅਨੁਸਾਰ, ਹਰਿਦੁਆਰ, ਪੌੜੀ ਗੜ੍ਹਵਾਲ ਵਰਗੇ ਕੁਝ ਜ਼ਿਲ੍ਹੇ ਜ਼ਿਆਦਾ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।
ਦੇਹਰਾਦੂਨ ਦੇ ਖੇਤਰੀ ਮੌਸਮ ਵਿਗਿਆਨ ਕੇਂਦਰ ਦੇ ਮੁਖੀ ਬਿਕਰਮ ਸਿੰਘ ਨੇ ਕਿਹਾ ਕਿ 16 ਜੁਲਾਈ ਦੇ ਆਸਪਾਸ ਬਾਰਸ਼ ਦੀ ਤੀਬਰਤਾ ਫਿਰ ਤੋਂ ਵਧ ਸਕਦੀ ਹੈ, ਇਸ ਲਈ ਲੋਕਾਂ ਨੂੰ ਸਾਵਧਾਨੀ ਵਰਤਨੀ ਚਾਹੀਦੀ ਹੈ। ਦਹਾਕਿਆਂ ਦੇ ਸਭ ਤੋਂ ਭਿਆਨਕ ਹੜ੍ਹਾਂ ਦਾ ਸਾਹਮਣਾ ਕਰ ਰਹੇ ਉੱਤਰ ਪੱਛਮੀ ਭਾਰਤ 8 ਜੁਲਾਈ ਤੋਂ ਸ਼ੁਰੂ ਹੋਈ ਰਿਕਾਰਡ ਬਾਰਸ਼ ਕਾਰਨ ਵਿਆਪਕ ਨੁਕਸਾਨ ਤੋਂ ਅਜੇ ਵੀ ਉਭਰ ਨਹੀਂ ਸਕਿਆ ਹੈ। ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਹੁਣ ਬਾਰਸ਼ ਘਟਣੀ ਸ਼ੁਰੂ ਹੋ ਗਈ ਹੈ, ਪਰ ਵੀਰਵਾਰ ਨੂੰ ਜਾਰੀ ਕੀਤੀ ਗਈ ਤਾਜ਼ਾ ਭਵਿੱਖਬਾਣੀ ਦਰਸਾਉਂਦੀ ਹੈ ਕਿ ਅਗਲੇ ਕੁਝ ਦਿਨਾਂ ਵਿੱਚ ਉੱਤਰੀ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਕੁਝ ਥਾਵਾਂ ਉਤੇ ਮੀਂਹ ਦੀ ਸੰਭਾਵਨਾ ਹੈ। ਹਾਲਾਂਕਿ ਆਉਂਦੇ ਦਿਨਾਂ ਵਿਚ ਉਤਰੀ ਭਾਰਤ ਵਿਚ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ।
Comment here