ਚੰਡੀਗੜ੍ਹ– ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਆਪਣਾ ਬਿਜਲੀ ਵਿਭਾਗ ਨਿੱਜੀ ਕੰਪਨੀ ਨੂੰ ਕੌਡੀਆਂ ਦੇ ਭਾਅ ਵੇਚ ਦਿੱਤਾ ਗਿਆ, ਜਿਸ ਦੇ ਵਿਰੁੱਧ ਰੋਸ ਵਜੋਂ ਪੰਜਾਬ ਦੇ 16 ਜ਼ਿਲ੍ਹਿਆਂ ਦੇ 716 ਪਿੰਡਾਂ ਵਿੱਚ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ ਹਨ। ਜੋ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੱਦੇ ’ਤੇ ਕੀਤੇ ਗਏ। ਅੱਜ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਕਿਸਾਨਾਂ-ਮਜ਼ਦੂਰਾਂ, ਔਰਤਾਂ, ਨੌਜਵਾਨਾਂ, ਮੁਲਾਜ਼ਮਾਂ, ਵਿਦਿਆਰਥੀਆਂ ਤੇ ਹੋਰ ਕਿਰਤੀਆਂ ਸਮੇਤ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਰੋਸ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਏ। ਉਨ੍ਹਾਂ ਦੋਸ਼ ਲਾਇਆ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਜ਼ਰੂਰੀ ਸੇਵਾਵਾਂ ਕਾਨੂੰਨ ਤਹਿਤ ਹੜਤਾਲੀ ਬਿਜਲੀ ਮੁਲਾਜ਼ਮ ਆਗੂਆਂ ’ਤੇ ਕੇਸ ਦਰਜ ਕਰਨ ਦੇ ਜਾਬਰ ਹੱਲੇ ਦੇ ਨਾਲ ਹੀ ਹਾਈ ਕੋਰਟ ਵਿੱਚ ਲਟਕ ਰਹੇ ਕੇਸ ਦਾ ਬਹਾਨਾ ਬਣਾ ਕੇ ਉਨ੍ਹਾਂ ਦੀ ਹੜਤਾਲ ਤਾਂ ਬੇਸ਼ੱਕ ਮੁਲਤਵੀ ਕਰਵਾ ਦਿੱਤੀ ਪਰ ਨਿੱਜੀਕਰਨ ਦਾ ਸਾਮਰਾਜੀ ਹੱਲਾ ਚੌਤਰਫਾ ਹੈ, ਜਿਸ ਨੂੰ ਮੜ੍ਹਨ ਲਈ ਮੋਦੀ ਸਰਕਾਰ ਸਮੇਤ ਸਾਰੀਆਂ ਸੱਤਾਧਾਰੀ ਪਾਰਟੀਆਂ ਪੱਬਾਂ ਭਾਰ ਹਨ। ਇਨ੍ਹਾਂ ਇਕੱਠਾਂ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਹਰਦੀਪ ਸਿੰਘ ਟੱਲੇਵਾਲ, ਜਸਵਿੰਦਰ ਸਿੰਘ ਲੌਂਗੋਵਾਲ, ਰੂਪ ਸਿੰਘ ਛੰਨਾਂ, ਹਰਿੰਦਰ ਕੌਰ ਬਿੰਦੂ, ਕਮਲਜੀਤ ਕੌਰ ਬਰਨਾਲਾ, ਕੁਲਦੀਪ ਕੌਰ ਕੁੱਸਾ, ਸਰੋਜ ਰਾਣੀ ਦਿਆਲਪੁਰਾ, ਗੁਰਪ੍ਰੀਤ ਕੌਰ ਬਰਾਸ, ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ ਸਣੇ ਹੋਰ ਆਗੂ ਸ਼ਾਮਲ ਸਨ।
Comment here