ਸਿਆਸਤਖਬਰਾਂਦੁਨੀਆ

ਕਰਤਾਰਪੁਰ ਸਾਹਿਬ ਲਈ ਫੀਸ, ਪਾਸਪੋਰਟ ਦੀ ਸ਼ਰਤ ਖਤਮ ਕਰਵਾਉਣ ਲਈ ਧਰਨਾ

ਬਟਾਲਾ – ਨਵੇਂ ਨਿਯਮਾਂ ਅਨੁਸਾਰ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਲਈ ਭਾਰਤ ਅਤੇ ਪਾਕਿਸਤਾਨ ਸਰਕਾਰ ਵੱਲੋਂ ਪਾਸਪੋਰਟ ਲਾਜ਼ਮੀ ਅਤੇ 20 ਡਾਲਰ ਦੀ ਫੀਸ ਦੀ ਸ਼ਰਤ ਰੱਖੀ ਹੈ। ਇਸ ਸ਼ਰਤ ਨੂੰ ਲੈ ਕੇ ਭਾਰਤ-ਪਾਕਿਸਤਾਨ-ਬੰਗਲਾਦੇਸ਼ ਏਕੀਕਰਨ ਅੰਦੋਲਨ ਦੇ ਸੰਯੋਜਕ ਮਦਨ ਲਾਲ ਨਰੂਲਾ ਵੱਲੋਂ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਦੇ ਮਹਾਰਾਜਾ ਰਣਜੀਤ ਸਿੰਘ ਚੌਕ ਵਿਖੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਗਿਆ ਹੈ। ਇਹ ਧਰਨਾ ਇੰਨ੍ਹਾਂ ਨਵੇਂ ਨਿਯਮਾਂ/ਸ਼ਰਤਾਂ ਨੂੰ ਖਤਮ ਕਰਵਾਉਣ ਲਈ ਸ਼ੁਰੂ ਕੀਤਾ ਗਿਆ ਹੈ। ਜਾਣਕਾਰੀ ਸਾਝੀਂ ਕਰਦੇ ਹੋਏ ਮਾ. ਨਰੂਲਾ ਨੇ ਦੱਸਿਆ ਕਿ ਪਾਕਿ ਸਥਿਤ ਇਤਿਹਾਸਕ ਗੁ. ਸ੍ਰੀ ਕਰਤਾਰਪੁਰ ਸਾਹਿਬ ਜੀ ਦਾ ਲਾਂਘਾ ਜੋ ਸਮੁੱਚੀਆਂ ਨਾਨਕ ਨਾਮਲੇਵਾ ਸੰਗਤਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਹੋਇਆਂ ਭਾਰਤ ਤੇ ਪਾਕਿਸਤਾਨ ਸਰਕਾਰ ਵੱਲੋਂ 9 ਨਵੰਬਰ 2019 ਨੂੰ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ ਬਿਨਾਂ ਵੀਜ਼ਾ ਖੋਲ੍ਹਿਆ ਗਿਆ ਸੀ। ਇਸ ਲਾਂਘੇ ਦੇ ਖੋਲ੍ਹਣ ਤੋਂ ਬਾਅਦ ਹੁਣ ਤੱਕ ਹਜ਼ਾਰਾਂ ਸੰਗਤਾਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਚੁੱਕੀਆਂ ਹਨ ਪਰ ਹੁਣ ਭਾਰਤ ਅਤੇ ਪਾਕਿ ਦੀਆਂ ਸਰਕਾਰਾਂ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ’ਤੇ 20 ਡਾਲਰ ਦੀ ਐਂਟਰੀ ਫੀਸ ਅਤੇ ਪਰੂਫ ਵਜੋਂ ਪਾਸਪੋਰਟ ਹੋਣ ਦੀ ਸ਼ਰਤ ਲਾਜ਼ਮੀ ਕੀਤੀ ਹੈ। ਇਸ ਕਾਰਨ ਜਿਨ੍ਹਾਂ ਸੰਗਤਾਂ ਕੋਲ ਪਾਸਪੋਰਟ ਨਹੀਂ ਹਨ ਅਤੇ ਜੋ 20 ਡਾਲਰ ਦੀ ਫੀਸ ਨਹੀਂ ਦੇ ਸਕਦੇ, ਉਹ  ਇਸ ਇਤਿਹਾਸਕ ਸਥਾਨ ਦੇ ਦਰਸ਼ਨਾਂ ਤੋਂ ਵਾਂਝੀਆਂ ਰਹਿ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਪਾਸਪੋਰਟ ਤੇ 20 ਡਾਲਰ ਦੀ ਇਸ ਸ਼ਰਤ ਨੂੰ ਖਤਮ ਕਰਨਾ ਚਾਹੀਦਾ ਹੈ। ਉਨ੍ਹਾਂ ਭਾਰਤ ਅਤੇ ਪਾਕਿ ਸਰਕਾਰ ਨੂੰ ਅਪੀਲ ਕੀਤੀ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਕੋਲੋਂ ਲਈ ਜਾਂਦੀ 20 ਡਾਲਰ ਦੀ ਫੀਸ ਤੇ ਪਾਸਪੋਰਟ ਦੀ ਸ਼ਰਤ ਨੂੰ ਤੁਰੰਤ ਖ਼ਤਮ ਕੀਤਾ ਜਾਵੇ ਤਾਂ ਜੋ ਸਮੁੱਚੀਆਂ ਨਾਨਕ ਨਾਮਲੇਵਾ ਸੰਗਤਾਂ ਆਪਣੇ ਇਸ ਵਿਛੜੇ ਗੁਰਧਾਮ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ-ਦੀਦਾਰੇ ਕਰ ਸਕਣ।  ਉਨ੍ਹਾਂ ਕਿਹਾ ਕਿ ਜਦੋਂ ਤੱਕ ਭਾਰਤ ਅਤੇ ਪਾਕਿਸਤਾਨ ਸਰਕਾਰ ਉਨ੍ਹਾਂ ਦੀ ਮੰਗ ਨੂੰ ਪੂਰਾ ਨਹੀਂ ਕਰਦੀ, ਉਦੋਂ ਤੱਕ ਇਹ ਧਰਨਾ ਲਗਾਤਾਰ ਜਾਰੀ ਰਹੇਗਾ। ਇਸ ਮੌਕੇ ਵੱਖ-ਵੱਖ ਬੁੱਧੀਜੀਵੀਆਂ ਤੇ ਸਮਾਜ ਸੇਵੀ ਆਗੂਆਂ ਵੱਲੋਂ ਧਰਨੇ ’ਤੇ ਬੈਠੇ ਮਦਨ ਰਾਜ ਨਰੂਲਾ ਦਾ ਸਿਰਪਾਓ ਤੇ ਹਾਰ ਪਾ ਕੇ ਸਵਾਗਤ ਕੀਤਾ ਗਿਆ ਤੇ ਇਸ ਧਰਨੇ ਲਈ ਹਰ ਕਿਸਮ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ।

Comment here