ਸਿਆਸਤਖਬਰਾਂਦੁਨੀਆ

ਰੂਸ-ਯੂਕ੍ਰੇਨ ਯੁੱਧ ਦੀ ਸ਼ਾਂਤੀ ਲਈ ਭਾਰਤ ਯੋਗਦਾਨ ਦੇਣ ਲਈ ਤਿਆਰ-ਪੀਐੱਮ ਮੋਦੀ

ਨਵੀਂ ਦਿੱਲੀ-ਇਟਲੀ ਦੇ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨਾਲ ਦੁਵੱਲੀ ਗੱਲਬਾਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਯੂਕ੍ਰੇਨ ਵਿਵਾਦ ਦਾ ਹੱਲ ਲੱਭਣ ਲਈ ਭਾਰਤ ਸ਼ਾਂਤੀ ਪ੍ਰਕਿਰਿਆ ‘ਚ ਯੋਗਦਾਨ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ। ਪੀਐੱਮ ਮੋਦੀ ਨੇ ਕਿਹਾ, “ਯੂਕ੍ਰੇਨ ਸੰਘਰਸ਼ ਦੀ ਸ਼ੁਰੂਆਤ ਤੋਂ ਹੀ ਭਾਰਤ ਨੇ ਇਹ ਸਪੱਸ਼ਟ ਕਰ ਦਿੱਤਾ ਸੀ ਕਿ ਇਸ ਵਿਵਾਦ ਨੂੰ ਗੱਲਬਾਤ ਅਤੇ ਕੂਟਨੀਤੀ ਰਾਹੀਂ ਹੀ ਹੱਲ ਕੀਤਾ ਜਾ ਸਕਦਾ ਹੈ।”
“ਭਾਰਤ ਕਿਸੇ ਵੀ ਸ਼ਾਂਤੀ ਪ੍ਰਕਿਰਿਆ ਵਿੱਚ ਯੋਗਦਾਨ ਪਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।” ਪ੍ਰਧਾਨ ਮੰਤਰੀ ਮੋਦੀ ਦੇ ਨਾਲ ਮੀਡੀਆ ਨੂੰ ਸੰਬੋਧਿਤ ਕਰਦਿਆਂ ਮੇਲੋਨੀ ਨੇ ਕਿਹਾ ਕਿ ਇਟਲੀ ਨੂੰ ਉਮੀਦ ਹੈ ਕਿ ਜੀ-20 ਦੀ ਪ੍ਰਧਾਨਗੀ ਦੌਰਾਨ ਭਾਰਤ, ਯੂਕ੍ਰੇਨ ਵਿੱਚ ਚੱਲ ਰਹੇ ਸੰਘਰਸ਼ ਨੂੰ ਸਮਾਪਤ ਕਰਨ ਦੀ ਪ੍ਰਕਿਰਿਆ ਨੂੰ ਸੁਵਿਧਾਜਨਕ ਬਣਾਉਣ ਅਤੇ ਗੱਲਬਾਤ ਕਰਨ ‘ਚ ਕੇਂਦਰੀ ਭੂਮਿਕਾ ਨਿਭਾਏਗਾ। ਪੀਐੱਮ ਮੋਦੀ ਨੇ ਕਿਹਾ ਕਿ ਉਨ੍ਹਾਂ ਅਤੇ ਇਟਲੀ ਦੇ ਪ੍ਰਧਾਨ ਮੰਤਰੀ ਨੇ ਵਿਕਾਸਸ਼ੀਲ ਦੇਸ਼ਾਂ ‘ਤੇ ਪੈਣ ਵਾਲੇ ਯੂਕ੍ਰੇਨ ਸੰਘਰਸ਼ ਦੇ ਮਾੜੇ ਪ੍ਰਭਾਵਾਂ ‘ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਯੂਕ੍ਰੇਨ ਸੰਘਰਸ਼ ਕਾਰਨ ਸਾਰੇ ਦੇਸ਼ ਭੋਜਨ, ਖਾਦ ਅਤੇ ਈਂਧਣ ਸੰਕਟ ਤੋਂ ਪ੍ਰਭਾਵਿਤ ਹੋਏ ਹਨ। ਖਾਸ ਕਰਕੇ ਵਿਕਾਸਸ਼ੀਲ ਦੇਸ਼ਾਂ ‘ਤੇ ਬਹੁਤ ਮਾੜਾ ਅਸਰ ਪਿਆ ਹੈ। ਅਸੀਂ ਇਸ ਮੁੱਦੇ ‘ਤੇ ਆਪਣੀਆਂ ਚਿੰਤਾਵਾਂ ਉਠਾਈਆਂ ਅਤੇ ਇਨ੍ਹਾਂ ਮੁੱਦਿਆਂ ਦੇ ਹੱਲ ਲਈ ਸਾਂਝੇ ਯਤਨਾਂ ‘ਤੇ ਜ਼ੋਰ ਦਿੱਤਾ।

Comment here